ੴ ਸਤਿਗੁਰ ਪ੍ਰਸਾਦਿ ॥
ਹਾਥਿ ਕਲੰਮ ਅਗੰਮ ਮਸਤਕਿ ਲੇਖਾਵਤੀ ॥
ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥
ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥
ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥੧॥
ਸੰਤ ਸਭਾ ਮਹਿ ਬੈਸਿ ਕਿ ਕੀਰਤਿ ਮੈ ਕਹਾਂ ॥
ਅਰਪੀ ਸਭੁ ਸੀਗਾਰੁ ਏਹੁ ਜੀਉ ਸਭੁ ਦਿਵਾ ॥
ਆਸ ਪਿਆਸੀ ਸੇਜ ਸੁ ਕੰਤਿ ਵਿਛਾਈਐ ॥
ਹਰਿਹਾਂ ਮਸਤਕਿ ਹੋਵੈ ਭਾਗੁ ਤ ਸਾਜਨੁ ਪਾਈਐ ॥੨॥
ਸਖੀ ਕਾਜਲ ਹਾਰ ਤੰਬੋਲ ਸਭੈ ਕਿਛੁ ਸਾਜਿਆ ॥
ਸੋਲਹ ਕੀਏ ਸੀਗਾਰ ਕਿ ਅੰਜਨੁ ਪਾਜਿਆ ॥
ਜੇ ਘਰਿ ਆਵੈ ਕੰਤੁ ਤ ਸਭੁ ਕਿਛੁ ਪਾਈਐ ॥
ਹਰਿਹਾਂ ਕੰਤੈ ਬਾਝੁ ਸੀਗਾਰੁ ਸਭੁ ਬਿਰਥਾ ਜਾਈਐ ॥੩॥
ਜਿਸੁ ਘਰਿ ਵਸਿਆ ਕੰਤੁ ਸਾ ਵਡਭਾਗਣੇ ॥
ਤਿਸੁ ਬਣਿਆ ਹਭੁ ਸੀਗਾਰੁ ਸਾਈ ਸੋਹਾਗਣੇ ॥
ਹਉ ਸੁਤੀ ਹੋਇ ਅਚਿੰਤ ਮਨਿ ਆਸ ਪੁਰਾਈਆ ॥
ਹਰਿਹਾਂ ਜਾ ਘਰਿ ਆਇਆ ਕੰਤੁ ਤ ਸਭੁ ਕਿਛੁ ਪਾਈਆ ॥੪॥
ਆਸਾ ਇਤੀ ਆਸ ਕਿ ਆਸ ਪੁਰਾਈਐ ॥
ਸਤਿਗੁਰ ਭਏ ਦਇਆਲ ਤ ਪੂਰਾ ਪਾਈਐ ॥
ਮੈ ਤਨਿ ਅਵਗਣ ਬਹੁਤੁ ਕਿ ਅਵਗਣ ਛਾਇਆ ॥
ਹਰਿਹਾਂ ਸਤਿਗੁਰ ਭਏ ਦਇਆਲ ਤ ਮਨੁ ਠਹਰਾਇਆ ॥੫॥
ਕਹੁ ਨਾਨਕ ਬੇਅੰਤੁ ਬੇਅੰਤੁ ਧਿਆਇਆ ॥
ਦੁਤਰੁ ਇਹੁ ਸੰਸਾਰੁ ਸਤਿਗੁਰੂ ਤਰਾਇਆ ॥
ਮਿਟਿਆ ਆਵਾ ਗਉਣੁ ਜਾਂ ਪੂਰਾ ਪਾਇਆ ॥
ਹਰਿਹਾਂ ਅੰਮ੍ਰਿਤੁ ਹਰਿ ਕਾ ਨਾਮੁ ਸਤਿਗੁਰ ਤੇ ਪਾਇਆ ॥੬॥
ਮੇਰੈ ਹਾਥਿ ਪਦਮੁ ਆਗਨਿ ਸੁਖ ਬਾਸਨਾ ॥
ਸਖੀ ਮੋਰੈ ਕੰਠਿ ਰਤੰਨੁ ਪੇਖਿ ਦੁਖੁ ਨਾਸਨਾ ॥
ਬਾਸਉ ਸੰਗਿ ਗੁਪਾਲ ਸਗਲ ਸੁਖ ਰਾਸਿ ਹਰਿ ॥
ਹਰਿਹਾਂ ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ ॥੭॥
ਪਰ ਤ੍ਰਿਅ ਰਾਵਣਿ ਜਾਹਿ ਸੇਈ ਤਾ ਲਾਜੀਅਹਿ ॥
ਨਿਤਪ੍ਰਤਿ ਹਿਰਹਿ ਪਰ ਦਰਬੁ ਛਿਦ੍ਰ ਕਤ ਢਾਕੀਅਹਿ ॥
ਹਰਿ ਗੁਣ ਰਮਤ ਪਵਿਤ੍ਰ ਸਗਲ ਕੁਲ ਤਾਰਈ ॥
ਹਰਿਹਾਂ ਸੁਨਤੇ ਭਏ ਪੁਨੀਤ ਪਾਰਬ੍ਰਹਮੁ ਬੀਚਾਰਈ ॥੮॥
ਊਪਰਿ ਬਨੈ ਅਕਾਸੁ ਤਲੈ ਧਰ ਸੋਹਤੀ ॥
ਦਹ ਦਿਸ ਚਮਕੈ ਬੀਜੁਲਿ ਮੁਖ ਕਉ ਜੋਹਤੀ ॥
ਖੋਜਤ ਫਿਰਉ ਬਿਦੇਸਿ ਪੀਉ ਕਤ ਪਾਈਐ ॥
ਹਰਿਹਾਂ ਜੇ ਮਸਤਕਿ ਹੋਵੈ ਭਾਗੁ ਤ ਦਰਸਿ ਸਮਾਈਐ ॥੯॥
ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥
ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥
ਵਸਦੀ ਸਘਨ ਅਪਾਰ ਅਨੂਪ ਰਾਮਦਾਸ ਪੁਰ ॥
ਹਰਿਹਾਂ ਨਾਨਕ ਕਸਮਲ ਜਾਹਿ ਨਾਇਐ ਰਾਮਦਾਸ ਸਰ ॥੧੦॥
ਚਾਤ੍ਰਿਕ ਚਿਤ ਸੁਚਿਤ ਸੁ ਸਾਜਨੁ ਚਾਹੀਐ ॥
ਜਿਸੁ ਸੰਗਿ ਲਾਗੇ ਪ੍ਰਾਣ ਤਿਸੈ ਕਉ ਆਹੀਐ ॥
ਬਨੁ ਬਨੁ ਫਿਰਤ ਉਦਾਸ ਬੂੰਦ ਜਲ ਕਾਰਣੇ ॥
ਹਰਿਹਾਂ ਤਿਉ ਹਰਿ ਜਨੁ ਮਾਂਗੈ ਨਾਮੁ ਨਾਨਕ ਬਲਿਹਾਰਣੇ ॥੧੧॥
ਮਿਤ ਕਾ ਚਿਤੁ ਅਨੂਪੁ ਮਰੰਮੁ ਨ ਜਾਨੀਐ ॥
ਗਾਹਕ ਗੁਨੀ ਅਪਾਰ ਸੁ ਤਤੁ ਪਛਾਨੀਐ ॥
ਚਿਤਹਿ ਚਿਤੁ ਸਮਾਇ ਤ ਹੋਵੈ ਰੰਗੁ ਘਨਾ ॥
ਹਰਿਹਾਂ ਚੰਚਲ ਚੋਰਹਿ ਮਾਰਿ ਤ ਪਾਵਹਿ ਸਚੁ ਧਨਾ ॥੧੨॥
ਸੁਪਨੈ ਊਭੀ ਭਈ ਗਹਿਓ ਕੀ ਨ ਅੰਚਲਾ ॥
ਸੁੰਦਰ ਪੁਰਖ ਬਿਰਾਜਿਤ ਪੇਖਿ ਮਨੁ ਬੰਚਲਾ ॥
ਖੋਜਉ ਤਾ ਕੇ ਚਰਣ ਕਹਹੁ ਕਤ ਪਾਈਐ ॥
ਹਰਿਹਾਂ ਸੋਈ ਜਤੰਨੁ ਬਤਾਇ ਸਖੀ ਪ੍ਰਿਉ ਪਾਈਐ ॥੧੩॥
ਨੈਣ ਨ ਦੇਖਹਿ ਸਾਧ ਸਿ ਨੈਣ ਬਿਹਾਲਿਆ ॥
ਕਰਨ ਨ ਸੁਨਹੀ ਨਾਦੁ ਕਰਨ ਮੁੰਦਿ ਘਾਲਿਆ ॥
ਰਸਨਾ ਜਪੈ ਨ ਨਾਮੁ ਤਿਲੁ ਤਿਲੁ ਕਰਿ ਕਟੀਐ ॥
ਹਰਿਹਾਂ ਜਬ ਬਿਸਰੈ ਗੋਬਿਦ ਰਾਇ ਦਿਨੋ ਦਿਨੁ ਘਟੀਐ ॥੧੪॥
ਪੰਕਜ ਫਾਥੇ ਪੰਕ ਮਹਾ ਮਦ ਗੁੰਫਿਆ ॥
ਅੰਗ ਸੰਗ ਉਰਝਾਇ ਬਿਸਰਤੇ ਸੁੰਫਿਆ ॥
ਹੈ ਕੋਊ ਐਸਾ ਮੀਤੁ ਜਿ ਤੋਰੈ ਬਿਖਮ ਗਾਂਠਿ ॥
ਨਾਨਕ ਇਕੁ ਸ੍ਰੀਧਰ ਨਾਥੁ ਜਿ ਟੂਟੇ ਲੇਇ ਸਾਂਠਿ ॥੧੫॥
ਧਾਵਉ ਦਸਾ ਅਨੇਕ ਪ੍ਰੇਮ ਪ੍ਰਭ ਕਾਰਣੇ ॥
ਪੰਚ ਸਤਾਵਹਿ ਦੂਤ ਕਵਨ ਬਿਧਿ ਮਾਰਣੇ ॥
ਤੀਖਣ ਬਾਣ ਚਲਾਇ ਨਾਮੁ ਪ੍ਰਭ ਧ੍ਯ੍ਯਾਈਐ ॥
ਹਰਿਹਾਂ ਮਹਾਂ ਬਿਖਾਦੀ ਘਾਤ ਪੂਰਨ ਗੁਰੁ ਪਾਈਐ ॥੧੬॥
ਸਤਿਗੁਰ ਕੀਨੀ ਦਾਤਿ ਮੂਲਿ ਨ ਨਿਖੁਟਈ ॥
ਖਾਵਹੁ ਭੁੰਚਹੁ ਸਭਿ ਗੁਰਮੁਖਿ ਛੁਟਈ ॥
ਅੰਮ੍ਰਿਤੁ ਨਾਮੁ ਨਿਧਾਨੁ ਦਿਤਾ ਤੁਸਿ ਹਰਿ ॥
ਨਾਨਕ ਸਦਾ ਅਰਾਧਿ ਕਦੇ ਨ ਜਾਂਹਿ ਮਰਿ ॥੧੭॥
ਜਿਥੈ ਜਾਏ ਭਗਤੁ ਸੁ ਥਾਨੁ ਸੁਹਾਵਣਾ ॥
ਸਗਲੇ ਹੋਏ ਸੁਖ ਹਰਿ ਨਾਮੁ ਧਿਆਵਣਾ ॥
ਜੀਅ ਕਰਨਿ ਜੈਕਾਰੁ ਨਿੰਦਕ ਮੁਏ ਪਚਿ ॥
ਸਾਜਨ ਮਨਿ ਆਨੰਦੁ ਨਾਨਕ ਨਾਮੁ ਜਪਿ ॥੧੮॥
ਪਾਵਨ ਪਤਿਤ ਪੁਨੀਤ ਕਤਹ ਨਹੀ ਸੇਵੀਐ ॥
ਝੂਠੈ ਰੰਗਿ ਖੁਆਰੁ ਕਹਾਂ ਲਗੁ ਖੇਵੀਐ ॥
ਹਰਿਚੰਦਉਰੀ ਪੇਖਿ ਕਾਹੇ ਸੁਖੁ ਮਾਨਿਆ ॥
ਹਰਿਹਾਂ ਹਉ ਬਲਿਹਾਰੀ ਤਿੰਨ ਜਿ ਦਰਗਹਿ ਜਾਨਿਆ ॥੧੯॥
ਕੀਨੇ ਕਰਮ ਅਨੇਕ ਗਵਾਰ ਬਿਕਾਰ ਘਨ ॥
ਮਹਾ ਦ੍ਰੁਗੰਧਤ ਵਾਸੁ ਸਠ ਕਾ ਛਾਰੁ ਤਨ ॥
ਫਿਰਤਉ ਗਰਬ ਗੁਬਾਰਿ ਮਰਣੁ ਨਹ ਜਾਨਈ ॥
ਹਰਿਹਾਂ ਹਰਿਚੰਦਉਰੀ ਪੇਖਿ ਕਾਹੇ ਸਚੁ ਮਾਨਈ ॥੨੦॥
ਜਿਸ ਕੀ ਪੂਜੈ ਅਉਧ ਤਿਸੈ ਕਉਣੁ ਰਾਖਈ ॥
ਬੈਦਕ ਅਨਿਕ ਉਪਾਵ ਕਹਾਂ ਲਉ ਭਾਖਈ ॥
ਏਕੋ ਚੇਤਿ ਗਵਾਰ ਕਾਜਿ ਤੇਰੈ ਆਵਈ ॥
ਹਰਿਹਾਂ ਬਿਨੁ ਨਾਵੈ ਤਨੁ ਛਾਰੁ ਬ੍ਰਿਥਾ ਸਭੁ ਜਾਵਈ ॥੨੧॥
ਅਉਖਧੁ ਨਾਮੁ ਅਪਾਰੁ ਅਮੋਲਕੁ ਪੀਜਈ ॥
ਮਿਲਿ ਮਿਲਿ ਖਾਵਹਿ ਸੰਤ ਸਗਲ ਕਉ ਦੀਜਈ ॥
ਜਿਸੈ ਪਰਾਪਤਿ ਹੋਇ ਤਿਸੈ ਹੀ ਪਾਵਣੇ ॥
ਹਰਿਹਾਂ ਹਉ ਬਲਿਹਾਰੀ ਤਿੰਨ੍ਹ੍ਹ ਜਿ ਹਰਿ ਰੰਗੁ ਰਾਵਣੇ ॥੨੨॥
ਵੈਦਾ ਸੰਦਾ ਸੰਗੁ ਇਕਠਾ ਹੋਇਆ ॥
ਅਉਖਦ ਆਏ ਰਾਸਿ ਵਿਚਿ ਆਪਿ ਖਲੋਇਆ ॥
ਜੋ ਜੋ ਓਨਾ ਕਰਮ ਸੁਕਰਮ ਹੋਇ ਪਸਰਿਆ ॥
ਹਰਿਹਾਂ ਦੂਖ ਰੋਗ ਸਭਿ ਪਾਪ ਤਨ ਤੇ ਖਿਸਰਿਆ ॥੨੩॥
~>~>~>~>~> :`: <~<~<~<~~<